ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ : ਹਿੰਦ-ਪਾਕਿ ਸਰਹੱਦ ’ਤੇ ਪੈਦਾ ਹੋਏ ਤਣਾਅ ਬਾਰੇ ਗੱਲ ਬਾਤ ਕਰਦੇ
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇੱਥੇ ਅੰਤਰਰਾਸ਼ਟਰੀ ਹਿੰਦ-ਪਾਕਿ ਸਰਹੱਦ ’ਤੇ ਪੈਦਾ ਹੋਏ ਤਣਾਅ ਦੀ ਸਥਿਤੀ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਕੌਮੀ ਹਿੱਤਾਂ ਤੇ ਕੌਮੀ ਸੁਰੱਖਿਆ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨਾਜ਼ੁਕ ਮੌਕਿਆਂ ’ਤੇ ਕੌਮੀ ਹਿੱਤਾਂ ਨੂੰ ਵੇਖਦਿਆਂ ਸਿਆਸੀ ਪਾਰਟੀਆਂ ਨੂੰ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਮੁੱਖ ਮੰਤਰੀ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਟੇਂਡੀ ਵਾਲਾ, ਹਜ਼ਾਰਾ ਸਿੰਘ ਵਾਲਾ ਅਤੇ ਗ਼ਜ਼ਨੀ ਵਾਲਾ ਵਿੱਚ ਸਰਹੱਦੀ ਲੋਕਾਂ ਨੂੰ ਮਿਲੇ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਅਜਿਹੇ ਨਾਜ਼ੁਕ ਮਸਲਿਆਂ ’ਤੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੀ ਆੜ ਵਿੱਚ ਰਹਿੰਦੀਆਂ ਹਨ। ਇਹੀ ਕਾਰਨ ਹੈ ਕਿ ਕਈ ਸਿਆਸੀ ਆਗੂ ਕੌਮੀ ਸੁਰੱਖਿਆ ਵਰਗੇ ਨਾਜ਼ੁਕ ਮਸਲਿਆਂ ’ਤੇ ਵੀ ਗ਼ਲਤ ਤੇ ਵਿਵਾਦਤ ਬਿਆਨਬਾਜ਼ੀ ਕਰ ਰਹੇ ਹਨ, ਜਦੋਂ ਕਿ ਦੇਸ਼ ਦੀਆਂ ਸਰਹੱਦਾਂ ’ਤੇ ਜੰਗ ਵਰਗੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕਿਆਂ ’ਤੇ ਸਿਆਸੀ ਪਾਰਟੀਆਂ ਨੂੰ ਕੌਮੀ ਹਿੱਤਾਂ ਤੇ ਪੰਜਾਬ ਦੇ ਹਿੱਤਾਂ ਦਾ ਖ਼ਿਆਲ ਰੱਖਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਾਜ ਦੀ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਨੇ ਕਿਸੇ ਵੀ ਕੌਮੀ ਜਾਂ ਰਾਜ ਦੇ ਮਸਲੇ ਜਿਸ ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਸਬੰਧ ਹੋਵੇ ਦਾ ਸਿਆਸੀਕਰਨ ਨਹੀਂ ਕੀਤਾ। ਉਨ੍ਹਾਂ ਵੱਲੋਂ ਪਿਛਲੇ 2 ਦਿਨਾਂ ਤੋਂ ਰਾਜ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨ ਦਾ ਮਕਸਦ ਮੌਜੂਦਾ ਤਣਾਅ ਵਾਲੀ ਸਥਿਤੀ ਵਿੱਚ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਦਰਦ ਵੰਡਾਉਣਾ ਹੈ। ਪਿੰਡ ਟੇਂਡੀ ਵਾਲਾ, ਹਜ਼ਾਰਾ ਸਿੰਘ ਵਾਲਾ ਤੇ ਗ਼ਜ਼ਨੀ ਵਾਲਾ ਵਿੱਚ ਸਰਹੱਦੀ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਵਿਰੋਧੀ ਪਾਰਟੀਆਂ ਦੇ ਝੂਠੇ ਤੇ ਗੁੰਮਰਾਹਕੁਨ ਪ੍ਰਚਾਰ ਤੋਂ ਚੌਕਸ ਰਹਿਣ ਲਈ ਕਿਹਾ।
ਮੁੱਖ ਮੰਤਰੀ ਨੇ ਸਰਹੱਦੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਰਾਜ ਸਰਕਾਰ ਨੇ ਝੋਨੇ ਦੀ ਖ਼ਰੀਦ ਲਿਫ਼ਟਿੰਗ ਅਤੇ ਅਦਾਇਗੀ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਕੰਮ ਵਿੱਚ ਕਿਸੇ ਤਰ੍ਹਾਂ ਦੀ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਮੰਗ ’ਤੇ 2 ਵੱਡੇ ਬੇੜੇ ਦਰਿਆ ਤੋਂ ਪਾਰ-ਆਉਣ ਜਾਣ ਲਈ 10 ਦਿਨਾਂ ਵਿਚ ਦੇਣ ਦਾ ਭਰੋਸਾ ਦਿੱਤਾ।
ਜਲਾਲਾਬਾਦ ਤੇ ਫਾਜ਼ਿਲਕਾ ਦੇ ਰਾਹਤ ਕੈਂਪਾਂ ਦਾ ਜਾਇਜ਼ਾ
ਫਾਜ਼ਿਲਕਾ/ਜਲਾਲਾਬਾਦ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਫਾਜ਼ਿਲਕਾ ਤੇ ਜਲਾਲਾਬਾਦ ਦੇ ਸਰਹੱਦੀ ਪਿੰਡਾਂ ਦੇ ਦੌਰੇ ਕੀਤੇ ਅਤੇ ਉਥੇ ਲੋਕਾਂ ਲਈ ਬਣਾਏ ਗਏ ਰਾਹਤ ਕੈਂਪਾਂ ਦਾ ਜਾਇਜ਼ਾ ਲਿਆ। ਉਨ੍ਹਾਂ ਫਾਜ਼ਿਲਕਾ ਦੇ ਪਿੰਡ ਪ੍ਰਭਾਤ ਸਿੰਘ ਵਾਲਾ, ਪੱਕਾ ਚਿਸ਼ਤੀ ਤੇ ਜੱਟ ਵਾਲੀ ਦੇ ਸੰਤ ਕਬੀਰ ਕਾਲਜ ਵਿੱਚ ਬਣੇ ਰਾਹਤ ਕੇਂਦਰ ਦਾ ਦੌਰਾ ਕੀਤਾ ਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਉਹ ਰਾਜ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਲਗਾਤਾਰ ਰਾਹਤ ਕੈਂਪਾਂ ਵਿੱਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਸਹੂਲਤਾਂ ਅਤੇ ਪ੍ਰਬੰਧਾਂ ਦੀ ਨਿਗਰਾਨੀ ਰੱਖ ਰਹੇ ਹਨ।
Leave a Comment